ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਿਸਾਨੀ ਦੇ ਹਿੱਤ ’ਚ ਚੁੱਕਿਆ ਇਤਿਹਾਸਕ ਕਦਮ - ਕੇਵਲ ਸਿੰਘ ਢਿੱਲੋਂ

*ਕੇਂਦਰ ਦੇ ਕਿਸਾਨ ਮਾਰੂ ਕਦਮ ਨੂੰ ਅਸਰਹੀਣ ਕਰਨਗੇ ਸੂਬਾ ਸਰਕਾਰ ਵੱਲੋਂ ਲਿਆਂਦੇ ਬਿੱਲ ਬਰਨਾਲਾ, (ਰਾਮ ਸਿੰਘ ਧਨੌਲਾ) ਕੇਂਦਰ ਸਰਕਾਰ ਵੱਲੋਂ ਸਾਡੀ ਖੁਸ਼ਹਾਲ ਕਿਸਾਨੀ ਨੂੰ ਖੋਰਾ ਲਾਉਣ ਲਈ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਬਿੱਲ ਸੂਬਾ ਸਰਕਾਰ ਦਾ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਹੈ, ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਕਿਸਾਨੀ ਦੇ ਅਸਲ ਰਾਖੇ ਹਨ, ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਿਰਸਾਨੀ ਨੂੰ ਤਬਾਹ ਕਰਨ ਲਈ ਲਿਆਂਦੇ ਕਾਨੂੰਨਾਂ ਵਿਰੁੱਧ ਵਿਧਾਨ ਸਭਾ ’ਚ ਬਿੱਲ ਲਿਆਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਅੱਜ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਬਿੱਲ ਪੇਸ਼ ਕੀਤੇ ਹਨ। ਇਹ ਬਿੱਲ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਵੀ ਬਚਾਉਣਗੇ। ਪਹਿਲਾ ਬਿੱਲ “ਕਿਸਾਨ ਵਪਾਰ ਅਤੇ ਵਣਜ ਦੀਆਂ ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ ਬਿੱਲ, 2020 ਬਿੱਲ’’ ਹੈ, ਜੋ ਯਕੀਨੀ ਬਣਾਉਂਦਾ ਹੈ ਕਿ ਕਣਕ ਜਾਂ ਝੋਨੇ ਦੀ ਕੋਈ ਵੀ ਵਿਕਰੀ ਜਾਂ ਉਦੋਂ ਤੱਕ ਖਰੀਦ ਯੋਗ ਨਹੀਂ ਹੋਵੇਗੀ, ਜਦ ਤੱਕ ਇਸਦੀ ਅਦਾ ਕੀਤੀ ਕੀਮਤ ਐਮ ਐਸ ਪੀ ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ। ਐਮ ਐਸ ਪੀ ਤੋਂ ਘੱਟ ਖਰੀਦਣ ਵਾਲਾ ਕੋਈ ਵੀ ਹੋਵੇ, ਉਸ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋਵੇਗੀ। ਦੂਜਾ ਬਿੱਲ “ਜ਼ਰੂਰੀ ਚੀਜ਼ਾਂ ਦੀ ਵਿਸ਼ੇਸ਼ ਵਿਵਸਥਾ ਅਤੇ ਪੰਜਾਬ ਸੋਧ ਬਿੱਲ’’ ਹੈ, ਜੋ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋ ਬਚਾਉਂਦਾ ਹੈ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕਰਦਾ ਹੈ। ਤੀਜਾ ਬਿੱਲ-ਮੁੱਲ ਅਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ, 2020 ’ਤੇ ਕਿਸਾਨਾਂ ਦਾ ਸਮਝੌਤਾ ਇਹ ਸੁਨਿਸ਼ਚਿਤ ਕਰਦਾ ਹੈ ਕਿ ਖੇਤੀਬਾੜੀ ਸਮਝੌਤੇ ਤਹਿਤ ਕਣਕ ਤੇ ਝੋਨੇ ਦੀ ਕੋਈ ਵੀ ਖਰੀਦ ਜਾਂ ਵਿਕਰੀ ਐਮ ਐਸ ਪੀ ਤੋਂ ਹੇਠਾਂ ਨਾ ਹੋਵੇ ਤੇ ਜੇਕਰ ਕੋਈ ਸੰਸਥਾ ਇਸ ਤਰ੍ਹਾਂ ਕਰਦੀ ਹੈ ਤਾਂ ਉਸਨੂੰ ਤਿੰਨ ਸਾਲ ਦੀ ਸਜ਼ਾ ਹੋਵੇਗੀ। ਬਿੱਲ ਚਾਰ ਸਿਵਲ ਪਰੋਸੀਜ਼ਰ, 1908 ਦੇ ਕੋਡ ਵਿਚ ਸੋਧ ਦੀ ਮੰਗ ਹੈ, ਜਿਸ ਤਹਿਤ 2.5 ਏਕੜ ਤੋਂ ਘੱਟ ਜ਼ਮੀਨ ਨੂੰ ਪੰਜਾਬ ਦੀ ਕਿਸੇ ਵੀ ਅਦਾਲਤ ਦੁਆਰਾ ਮੁੜ ਵਸੂਲੀ ਦੀ ਕਾਰਵਾਈ ਨਾਲ ਜੋੜਿਆ ਨਹੀਂ ਜਾਏਗਾ। ਇਹ ਬਿੱਲ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਰਿਕਵਰੀ ਦੀ ਕਾਰਵਾਈ ਵਿਚ ਖੇਤ ਦੀ ਜ਼ਮੀਨ ਦੀ ਕੁਰਕੀ ਤੋਂ ਬਚਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਮੌਕੇ ਢਿੱਲੋਂ ਨੇ ਆਖਿਆ ਕਿ ਉਹ ਪੰਜਾਬ ਦੀ ਕਿਸਾਨੀ ਦੇ ਰਾਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਪੱਖੀ ਇਤਿਹਾਸਕ ਫੈਸਲੇ ਲੈਣ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਬਦੌਲਤ ਸੂਬੇ ਦੇ ਅਨਾਜ ਨਾਲ ਸਾਰੇ ਦੇਸ਼ ਦਾ ਢਿੱੱਡ ਭਰਦਾ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਕੋਵਿਡ ਮਹਾਮਾਰੀ ਦੇ ਦੌਰ ਦੌਰਾਨ ਸਾਡੀ ਕਿਸਾਨੀ ਲਈ ਬਿਪਤਾ ਸਹੇੜ ਦਿੱਤੀ। ਅੱਜ ਮੁੱਖ ਮੰਤਰੀ ਪੰਜਾਬ ਅਤੇ ਸੂਬਾ ਸਰਕਾਰ ਕੇਂਦਰ ਦੇ ਕਦਮ ਨੂੰ ਅਸਰਹੀਣ ਕਰਨ ਲਈ ਵੱਡਾ ਫੈਸਲਾ ਲਿਆ ਹੈ, ਜੋ ਸੂਬੇ ਦੀ ਖੁਸ਼ਹਾਲੀ ਲਈ ਵਰਦਾਨ ਸਾਬਿਤ ਹੋਵੇਗਾ।

ਮੁੱਖ ਖਬਰਾਂ