ਐਮ.ਪੀ ਮਨੀਸ਼ ਤਿਵਾੜੀ ਨੇ ਬੰਗਾ ਸ਼ਹਿਰ ਵਿਖੇ 52 ਲੱਖ ਦੇ ਪ੍ਰਾਜੈਕਟ ਕੀਤੇ ਲੋਕ ਅਰਪਿਤ

ਬੰਗਾ, 11 ਜਨਵਰੀ : ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਬੰਗਾ ਸ਼ਹਿਰ ਵਿਖੇ 52 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕ ਅਰਪਿਤ ਕੀਤੇ, ਜਿਨਾਂ ਵਿਚ ਨਵ-ਨਿਰਮਤ ਰਵਿਦਾਸ ਰੋਡ, ਬੰਗਾ ਜੀਦੋਵਾਲ ਰੋਡ ਅਤੇ ਅਕਾਸ਼ ਹਸਪਤਾਲ ਰੋਡ ਸ਼ਾਮਿਲ ਸਨ। ਇਸ ਤੋਂ ਇਲਾਵਾ ਉਨਾਂ ਨਗਰ ਕੌਂਸਲ ਬੰਗਾ ਵੱਲੋਂ ਉਸਾਰੇ ਜਾਣ ਵਾਲੇ ਆਲੀਸ਼ਾਨ ਪਾਰਕ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਵੀ ਕੀਤਾ। ਇਸ ਮੌਕੇ ਉਨਾਂ ਬੰਗਾ ਇਲਾਕੇ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ ਅਤੇ ਕੋਰੋਨਾ ਮਹਾਮਾਰੀ ਦੇ ਬਾਵਜੂਦ ਇਨਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ। ਉਨਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਅਤੇ ਸੰਪਰਕ ਸੜਕਾਂ ਵੀ ਨਾਲੋ-ਨਾਲ ਨੁਹਾਰ ਬਦਲੀ ਜਾ ਰਹੀ ਹੈ। ਉਨਾਂ ਕਿਹਾ ਕਿ ਕੋਈ ਵੀ ਸੜਕ ਨਵਨਿਰਮਾਣ ਜਾਂ ਵਿਸ਼ੇਸ਼ ਰਿਪੇਅਰ ਤੋਂ ਵਾਂਝੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਬੰਗਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਸ੍ਰੀ ਤਿਵਾੜੀ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਗ੍ਰਾਂਟਾਂ ਲਈ ਉਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਰਵਜੀਤ ਸਿੰਘ, ਡਾ. ਹਰਪ੍ਰੀਤ ਸਿੰੰਘ, ਠੇਕੇਦਾਰ ਰਜਿੰਦਰ ਸਿੰਘ, ਡਾ. ਬਖਸ਼ੀਸ਼ ਸਿੰਘ, ਈ. ਓ ਨਗਰ ਕੌਂਸਲ ਬੰਗਾ ਰਾਜੀਵ ਓਬਰਾਏ, ਸ਼ਹਿਰੀ ਪ੍ਰਧਾਨ ਮਨਜਿੰਦਰ ਬੌਬੀ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਭਰੋਲੀ, ਰਵਿੰਦਰ ਬਿੱਲਾ, ਰਜਿੰਦਰ ਸ਼ਰਮਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਮੁੱਖ ਖਬਰਾਂ