ਹਰਿਆਣਾ ਦੇ ਪਿੰਡ ਪਹਾੜ ਪੁਰ ਵਿਖੇ ਪਾਵਨ ਸਰੂਪ ਦੀ ਬੇਅਦਬੀ ਦਾ ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਵਿਚ ਕੈਥਲ ਦੇ ਪਿੰਡ ਪਹਾੜ ਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕਰਦਿਆਂ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਕਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਅਤੇ ਦੁੱਖ ਦੀ ਗੱਲ ਹੈ ਕਿ ਦੋਸ਼ੀ ਫੜੇ ਜਾਣ ਦੇ ਬਾਵਜੂਦ ਵੀ ਉਨ੍ਹਾਂ 'ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਹਰਿਆਣਾ ਦੇ ਕੈਥਲ ਜ਼ਿਲ੍ਹੇ ਅੰਦਰ ਪੈਂਦੇ ਪਿੰਡ ਪਹਾੜ ਪੁਰ ਵਿਚ ਇਕ ਵਿਅਕਤੀ ਵਲੋਂ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵਲੋਂ ਸਿੱਖ ਮਿਸ਼ਨ ਹਰਿਆਣਾ ਰਾਹੀਂ ਦੋਸ਼ੀ ਵਿਅਕਤੀ ਮੁਖ਼ਤਿਆਰ ਰਾਮ ਖ਼ਿਲਾਫ਼ ਪਰਚਾ ਦਰਜ ਕਰਵਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸਿੱਖ ਮਿਸ਼ਨ ਦੇ ਪ੍ਰਚਾਰਕਾਂ ਨੇ ਮੌਕੇ 'ਤੇ ਜਾ ਕੇ ਰਿਪੋਰਟ ਭੇਜੀ ਹੈ। ਉਨ੍ਹਾਂ ਕਿਹਾ ਕਿ ਇਸ ਦੋਸ਼ੀ ਤੋਂ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ, ਤਾਂ ਜੋ ਇਸ ਘਟਨਾ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਦੀ ਪਛਾਣ ਹੋ ਸਕੇ।